ਟਾਂਡਾ, (PTI)-ਬੀ. ਐੱਸ. ਐੱਨ. ਐੱਲ. ਵਿਚ ਕੰਮ ਕਰ ਰਹੇ ਕੈਜ਼ੂਅਲ ਲੇਬਰ ਯੂਨੀਅਨ ਦੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਯੂਨੀਅਨ ਦੇ ਮੈਂਬਰਾਂ ਨੇ ਭਾਗ ਲੈਂਦਿਆਂ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ ਤੇ ਹੋਰ ਮੈਂਬਰਾਂ ਨੇ ਇਸ ਮੌਕੇ ਬੀ. ਐੱਸ. ਐੱਨ. ਐੱਲ. ਪ੍ਰਤੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਠੇਕੇ 'ਤੇ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰ ਰਹੇ ਹਨ, ਪ੍ਰੰਤੂ ਉਹ ਪਿਛਲੇ 4 ਮਹੀਨੇ ਤੋਂ ਤਨਖ਼ਾਹ ਤੋਂ ਵਾਂਝੇ ਹਨ, ਜਿਸ ਕਾਰਨ ਅੱਤ ਦੀ ਮਹਿੰਗਾਈ ਕਾਰਨ ਉਨ੍ਹਾਂ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਹੋ ਰਿਹਾ ਹੈ। ਯੂਨੀਅਨ ਮੈਂਬਰਾਂ ਨੇ ਦੱਸਿਆ ਕਿ ਉਹ ਕਈ ਵਾਰ ਅਧਿਕਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਸੰਬੰਧੀ ਜਾਣੂ ਕਰਵਾ ਚੁੱਕੇ ਹਨ ਪਰ ਪੰਚਾਂ ਦਾ ਕਿਹਾ ਸਿਰ ਮੱਥੇ, ਪਰਨਾਲਾ ਉਥੇ ਦਾ ਉਥੇ ਵਾਲੀ ਕਹਾਵਤ ਅਨੁਸਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਯੂਨੀਅਨ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਤਨਖ਼ਾਹ ਜਲਦ ਰਿਲੀਜ਼ ਨਾ ਕੀਤੀ ਗਈ ਤਾਂ ਉਹ ਕੰਮ ਛੱਡਣ ਲਈ ਮਜ਼ਬੂਰ ਹੋਣਗੇ, ਜਿਸਦੀ ਜ਼ਿੰਮੇਵਾਰੀ ਸੰਬੰਧਿਤ ਅਧਿਕਾਰੀਆਂ ਦੀ ਹੋਵੇਗੀ। ਮੀਟਿੰਗ ਦੌਰਾਨ ਪ੍ਰਧਾਨ ਸਰਬਜੀਤ ਸਿੰਘ, ਸੰਤੋਸ਼ ਕੁਮਾਰ, ਸਰਵਣ ਸਿੰਘ, ਪ੍ਰਦੀਪ ਸਿੰਘ, ਕੁਲਜੀਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।