ਕੇਂਦਰ ਵਲੋਂ ਭੇਜੀਆਂ ਜਾ ਰਹੀਆਂ ਗ੍ਰਾਂਟਾਂ ਨਾਲ ਹੋ ਰਿਹਾ ਵਿਕਾਸ
ਸ੍ਰੀ ਆਨੰਦਪੁਰ ਸਾਹਿਬ (ਆਂਗਰਾ, ਰਾਣਾ)- ਕੇਂਦਰ ਸਰਕਾਰ ਵਲੋਂ ਭੇਜੀਆਂ ਜਾ ਰਹੀਆਂ ਗ੍ਰਾਂਟਾਂ ਨਾਲ ਵਿਕਾਸ ਕਰਕੇ ਲੋਕਾਂ ਤੋਂ ਪ੍ਰਸ਼ੰਸਾ ਇਕੱਠੀ ਕਰ ਰਹੀ ਸੂਬਾ ਸਰਕਾਰ ਦੇ ਸਿਰ 'ਤੇ ਅੱਜ ਵੀ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਹੈ ਅਤੇ ਕਾਂਗਰਸ ਸਰਕਾਰ ਦੇ ਸਮੇਂ ਪਹਿਲੇ ਨੰਬਰ 'ਤੇ ਰਹਿਣ ਵਾਲਾ ਪੰਜਾਬ ਅੱਜ 12ਵੇਂ ਨੰਬਰ 'ਤੇ ਪਹੁੰਚ ਗਿਆ ਹੈ, ਜਿਸ ਲਈ ਸੂਬੇ ਦੀ ਮੌਜੂਦਾ ਸਰਕਾਰ ਜ਼ਿੰਮੇਵਾਰ ਹੈ। ਕਾਂਗਰਸ ਪਾਰਟੀ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਟੱਕਰ ਦੇਣ ਲਈ ਤਿਆਰ ਹੈ। ਸ੍ਰੀ ਆਨੰਦਪੁਰ ਸਾਹਿਬ ਵਿਚ ਮਨਾਏ ਗਏ 3 ਦਿਨਾ ਹੋਲਾ ਮਹੱਲੇ ਮੇਲੇ 'ਤੇ ਕਾਂਗਰਸ ਪਾਰਟੀ ਦੀ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ
ਪ੍ਰਤਾਪ ਸਿੰਘ ਬਾਜਵਾ ਨੇ ਉਕਤ
ਵਿਚਾਰ ਪ੍ਰਗਟਾਏ। ਬਾਜਵਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ 'ਤੇ ਟੈਕਸਾਂ ਦਾ ਭਾਰੀ ਬੋਝ ਪਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬੇ ਵਿਚ ਕਾਨੂੰਨ ਦੀ ਹਾਲਤ ਇੰਨੀ ਖਰਾਬ ਹੋ ਚੁੱਕੀ ਹੈ ਕਿ ਲੋਕਾਂ ਤੇ ਔਰਤਾਂ ਦੀ ਸੁਰੱਖਿਆ ਤੱਕ ਯਕੀਨੀ ਨਹੀਂ ਹੈ। ਇਥੋਂ ਤੱਕ ਕਿ ਪੁਲਸ ਦੇ ਅਧਿਕਾਰੀ ਸਰਕਾਰੀ ਧੱਕੇਸ਼ਾਹੀ ਦਾ ਸ਼ਿਕਾਰ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਭੇਜੀਆਂ ਜਾ ਰਹੀਆਂ ਲੋਕ ਹਿਤੈਸ਼ੀ ਸਕੀਮਾਂ ਨੂੰ ਜਾਣਬੁਝ ਕੇ ਲਾਗੂ ਨਹੀਂ ਕੀਤਾ ਜਾ ਰਿਹਾ ਅਤੇ ਸੂਬਾ ਸਰਕਾਰ ਵਲੋਂ ਕੇਂਦਰ ਸਰਕਾਰ 'ਤੇ ਭੇਦਭਾਵ ਕਰਨ ਦੇ ਝੂਠੇ ਦੋਸ਼ ਲਗਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਅੱਜ ਜਿੰਨੇ ਵੀ ਸੂਬੇ ਵਿਚ ਵਿਕਾਸ ਦੇ ਕੰਮ ਚੱਲ ਰਹੇ ਹਨ, ਉਹ ਸਾਰੇ ਕੇਂਦਰ ਸਰਕਾਰ ਵਲੋਂ ਭੇਜੀਆਂ ਗ੍ਰਾਂਟਾਂ ਨਾਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਰਕਾਰ ਦੇ ਨੇਤਾਵਾਂ ਦੀ ਅਗਵਾਈ ਵਿਚ ਰੇਤਾ-ਬੱਜਰੀ ਮਾਫੀਆ ਸਰਗਰਮ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡਟ ਕੇ ਜਵਾਬ ਦੇਵੇਗੀ।
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਵਿਚ ਸੂਬੇ ਦਾ ਹਰ ਵਰਗ ਦੁਖੀ ਹੈ ਅਤੇ ਕਾਨੂੰਨ ਦੇ ਰਖਵਾਲੇ ਵੀ ਮੌਜੂਦਾ ਸਰਕਾਰ ਦੇ ਰਾਜ ਵਿਚ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਭੇਜੀਆਂ ਗ੍ਰਾਂਟਾਂ ਨਾਲ ਵਿਰਾਸਤ-ਏ-ਖਾਲਸਾ ਦਾ ਨਿਰਮਾਣ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਗ੍ਰਾਂਟਾਂ ਕੇਂਦਰ ਸਰਕਾਰ ਵਲੋਂ ਆ ਰਹੀਆਂ ਹਨ ਅਤੇ ਨੀਂਹ ਪੱਥਰ 'ਤੇ ਨਾਮ ਅਕਾਲੀ ਨੇਤਾਵਾਂ ਦੇ ਲਿਖੇ ਜਾਂਦੇ ਹਨ।
ਇਸ ਮੌਕੇ ਸਾਬਕਾ ਵਿਧਾਇਕ ਰਾਣਾ ਕੇ. ਪੀ. ਸਿੰਘ, ਡਾ. ਰਮੇਸ਼ ਦੱਤ ਸ਼ਰਮਾ, ਜਗਮੋਹਨ ਸਿੰਘ ਕੰਗ, ਪੰਜਾਬ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਉਪ ਪ੍ਰਧਾਨ ਚਰਨਜੀਤ ਸਿੰਘ ਚੰਨੀ, ਤਿਰਲੋਚਨ ਸਿੰਘ ਸੂੰਢ, ਗੁਰਕਿਰਤ ਸਿੰਘ ਕੋਟਲੀ ਆਦਿ ਮੌਜੂਦ ਸਨ।