www.sabblok.blogspot.com
ਨਵੀਂ
ਦਿੱਲੀ, 8 ਮਈ: ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ
ਪਿਛਲੇ ਛੇ ਦਿਨਾਂ ਤੋਂ ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੀ 1984 ਦੇ ਕਤਲੇਆਮ ਦੀ
ਗਵਾਹ ਬੀਬੀ ਨਿਰਪ੍ਰੀਤ ਕੌਰ ਨੇ ਅੱਜ ਆਪਣੀ ਭੁੱਖ ਹੜਤਾਲ ਸਮਾਪਤ ਕਰ ਦਿੱਤੀ। ਉਨ੍ਹਾਂ
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਸਮਝਾਏ
ਜਾਣ ‘ਤੇ ਅਜਿਹਾ ਕੀਤਾ। ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ
ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅਕਾਲ ਤਖ਼ਤ ਦੇ
ਜਥੇਦਾਰ ਗੁਰਬਚਨ ਸਿੰਘ ਦੀ ਮੌਜੂਦਗੀ ਵਿੱਚ ਬੀਬੀ ਨਿਰਪ੍ਰੀਤ ਕੌਰ ਅਤੇ ਹੋਰ ਦੋ ਗਵਾਹਾਂ
ਨੂੰ ਜੂਸ ਪਿਲਾ ਕੇ ਇਹ ਭੁੱਖ ਹੜਤਾਲ ਸਮਾਪਤ ਕਰਵਾਈ। ਇਸ ਤੋਂ ਪਹਿਲਾਂ ਅੱਜ ਪੰਜਾਬ ਤੋਂ
ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ, ਅਹੁਦੇਦਾਰਾਂ ਅਤੇ ਸੰਸਦ ਮੈਂਬਰਾਂ ਨੇ ਵੱਡੀ ਗਿਣਤੀ
ਵਿੱਚ ਜੰਤਰ-ਮੰਤਰ ਵਿਖੇ ਪੁੱਜ ਕੇ ਬੀਬੀ ਨਿਰਪ੍ਰੀਤ ਕੌਰ ਦੀ ਮੁਹਿੰਮ ਨੂੰ ਸਮਰਥਨ ਦਿੱਤਾ।
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਕਿਹਾ ਕਿ ਭਾਰਤ ਵਿੱਚ
ਹਮੇਸ਼ਾ ਸਿੱਖਾਂ ਨਾਲ ਬੇਇਨਸਾਫੀ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ
ਨਾਂਗਲੋਈ ਇਲਾਕੇ ਵਿੱਚ ਹੋਏ ਕਤਲੇਆਮ ਦੇ ਚਸ਼ਮਦੀਦ ਗੁਰਬਚਨ ਸਿੰਘ ਦੀ ਗਵਾਹੀ ਦੇ ਆਧਾਰ
‘ਤੇ ਜੋ ਐਫ.ਆਈ.ਆਰ. ਦਰਜ ਹੋਈ, ਉਸ ਵਿੱਚ ਦੰਗੇ ਭੜਕਾਉਣ ਦਾ ਇਲਜ਼ਾਮ ਸੱਜਣ ਕੁਮਾਰ ‘ਤੇ
ਲਗਾਇਆ ਗਿਆ ਸੀ। ਇਸ ਮਾਮਲੇ ਦੀ ਚਾਰਜਸ਼ੀਟ 1992 ਵਿੱਚ ਤਿਆਰ ਹੋ ਗਈ ਸੀ, ਪਰ ਸੱਜਣ
ਕੁਮਾਰ ਨੂੰ ਬਚਾਉਣ ਲਈ, ਉਸ ਨੂੰ ਅੱਜ ਤੱਕ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਅਕਾਲੀ
ਦਲ ਦੀ ਯੁਵਾ ਇਕਾਈ ਦੇ ਕੌਮੀ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ 84 ਦੇ ਸੰਤਾਪ
ਨੂੰ ਆਪਣੇ ਪਿੰਡੇ ‘ਤੇ ਹੰਢਾਉਣ ਵਾਲੀ ਬੀਬੀ ਨਿਰਪ੍ਰੀਤ ਕੌਰ ਵੱਲੋਂ ਇਨਸਾਫ ਲੈਣ ਲਈ ਕੀਤਾ
ਜਾ ਰਿਹਾ ਸੰਘਰਸ਼ ਉਸ ਦੀ ਬਹਾਦਰੀ ਦਾ ਪ੍ਰਤੀਕ ਹੈ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼
ਸਿੰਘ ਬਾਦਲ ਨੇ ਕਿਹਾ ਬੀਬੀ ਨਿਰਪ੍ਰੀਤ ਕੌਰ ਨੇ ਜਬਰ ਜ਼ੁਲਮ ਖ਼ਿਲਾਫ਼ ਆਵਾਜ਼ ਚੁੱਕਣ ਲਈ
ਇਹ ਵਰਤ ਰੱਖਿਆ ਸੀ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਪੁਲੀਸ ਅਤੇ
ਅਦਾਲਤਾਂ ਦਾ ਕੰਮ ਹੁੰਦਾ ਹੈ ਪਰ ਜਾਂਚ ਏਜੰਸੀਆਂ ਵੱਲੋਂ ਅਦਾਲਤਾਂ ਵਿੱਚ ਸਬੂਤ ਪੇਸ਼
ਕੀਤੇ ਨਾ ਜਾਣ ਕਾਰਨ ਦੋਸ਼ੀ ਅਦਾਲਤਾਂ ਤੋਂ ਬਰੀ ਹੁੰਦੇ ਜਾ ਰਹੇ ਹਨ। ਅਕਾਲ ਤਖ਼ਤ ਦੇ
ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਖੁਦ ਇਕ ਸਿੱਖ
ਹੋਣ ਦੇ ਬਾਵਜੂਦ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੋਂ ਪਾਸਾ ਵੱਟਿਆ ਹੋਇਆ ਹੈ। ਉਨ੍ਹਾਂ
ਕਿਹਾ ਕਿ ਬੀਬੀ ਨਿਰਪ੍ਰੀਤ ਕੌਰ ਦੀ ਲੜਾਈ ਸਮੁੱਚੀ ਕੌਮ ਦੀ ਹੈ। ਇਸ ਉਪਰੰਤ ਸ਼੍ਰੋਮਣੀ
ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਅਤੇ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ
ਬੀਬੀ ਨਿਰਪ੍ਰੀਤ ਕੌਰ ਤੇ ਹੋਰਨਾਂ ਗਵਾਹਾਂ ਨੂੰ ਜੂਸ ਪਿਲਾ ਕੇ ਉਨ੍ਹਾਂ ਦੀ ਭੁੱਖ ਹੜਤਾਲ
ਖਤਮ ਕਰਵਾਈ। ਧਰਨੇ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਲਵੰਤ ਸਿੰਘ ਰਾਮੂਵਾਲੀਆ,
ਪ੍ਰੇਮ ਸਿੰਘ ਚੰਦੂਮਾਜਰਾ, ਹੀਰਾ ਸਿੰਘ ਗਾਬੜੀਆ, ਬੀਬੀ ਜਗੀਰ ਕੌਰ, ਪੰਜਾਬ ਤੋਂ ਅਕਾਲੀ
ਦਲ ਦੇ ਸੰਸਦ ਮੈਂਬਰ, ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ ਮਨਜਿੰਦਰ ਸਿੰਘ ਸਿਰਸਾ,
ਅਵਤਾਰ ਸਿੰਘ ਹਿੱਤ, ਉਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ ਅਤੇ ਦਿੱਲੀ-ਪੰਜਾਬ ਤੋਂ
ਅਕਾਲੀ ਦਲ ਦੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
No comments:
Post a Comment