* ਜਥੇਦਾਰ ਸਾਹਿਬਾਨ ਨੇ ਸ਼੍ਰੋਮਣੀ ਕਮੇਟੀ ਤੋਂ ਰਿਪੋਰਟ ਮੰਗੀ * ਕਿਹਾ-ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਅੰਮ੍ਰਿਤਸਰ;-ਸੀਨੀਅਰ ਆਈ. ਏ. ਐੱਸ. ਅਧਿਕਾਰੀ ਕਾਹਨ ਸਿੰਘ ਪਨੂੰ ਦੀ ਪੱਗ ਲਾਹੁਣ ਤੇ ਉਨ੍ਹਾਂ ਨਾਲ ਮਾਰਕੁੱਟ ਕਰਨ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚ ਗਿਆ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਉੱਤਰਾਖੰਡ ਵਿਚ ਪੰਜਾਬ ਸਰਕਾਰ ਵਲੋਂ ਰਾਹਤ ਕਾਰਜ ਕਰਨ ਪਹੁੰਚੇ ਡੀ. ਜੀ. ਐੱਸ. ਈ. ਕਾਹਨ ਸਿੰਘ ਪਨੂੰ ਦੀ ਸ਼ਰਧਾਲੂਆਂ ਵਲੋਂ ਪੱਗ ਲਾਹੁਣ ਤੇ ਉਨ੍ਹਾਂ ਨਾਲ ਦੁਰਵਿਹਾਰ ਕਰਨ ਦਾ ਗੰਭੀਰ ਨੋਟਿਸ ਲਿਆ ਹੈ। ਜਥੇਦਾਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਮਲੇ ਦੀ ਜਾਂਚ ਕਰਵਾਉਣ ਦੇ ਹੁਕਮ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਇਸ ਮਾਮਲੇ ਵਿਚ ਛੇਤੀ ਤੋਂ ਛੇਤੀ ਰਿਪੋਰਟ ਦੇਣ ਨੂੰ ਕਿਹਾ ਗਿਆ ਹੈ। ਜਥੇਦਾਰ ਨੇ ਕਿਹਾ ਕਿ ਇਹ ਅਤਿਅੰਤ ਦੁਖਦਾਈ ਤੇ ਚਿੰਤਾਜਨਕ ਮਾਮਲਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸ਼੍ਰੋਮਣੀ ਕਮੇਟੀ ਦੀ ਜਾਂਚ ਰਿਪੋਰਟ ਵਿਚ ਮੁਲਜ਼ਮਾਂ ਦੀ ਪਛਾਣ ਹੋ ਜਾਂਦੀ ਹੈ ਤਾਂ ਦੋਸ਼ੀਆਂ ਨੂੰ ਅਕਾਲ ਤਖ਼ਤ ਸਾਹਿਬ 'ਤੇ ਤਲਬ ਵੀ ਕੀਤਾ ਜਾਵੇਗਾ ਕਿਉਂਕਿ ਮੁਢਲੀਆਂ ਖਬਰਾਂ ਅਨੁਸਾਰ ਸਿੱਖ ਅਧਿਕਾਰੀ ਪਨੂੰ ਦੀ ਪੱਗ ਉਤਾਰਨ ਵਾਲੇ ਸਿੱਖ ਸ਼ਰਧਾਲੂ ਹੀ ਸਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਸਿੱਖ ਸਿਧਾਂਤਾਂ, ਮਰਿਆਦਾ ਤੇ ਪ੍ਰੰਪਰਾ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਸਿੱਖ ਸੰਗਤ ਨੂੰ ਕਦੇ ਵੀ ਮੁਆਫ ਨਹੀਂ ਕੀਤਾ ਜਾ ਸਕਦਾ ਅਤੇ ਦੋਸ਼ੀਆਂ ਨੂੰ ਧਾਰਮਿਕ ਮਰਿਆਦਾ ਅਨੁਸਾਰ ਧਾਰਮਿਕ ਸਜ਼ਾ ਦਿੱਤੀ ਜਾਵੇਗੀ।