ਜਲੰਧਰ  (ਅਮਿਤ) - ਸਟੇਟ ਮਨਿਸਟ੍ਰੀਅਲ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਹਜ਼ਾਰਾਂ ਦੀ ਗਿਣਤੀ ਵਿਚ ਸੂਬੇ ਦੇ ਵਿਭਿੰਨ ਇਲਾਕਿਆਂ ਤੋਂ ਪਹੁੰਚੇ ਮੈਂਬਰਾਂ ਨੇ ਲੋਕਲ ਬਾਡੀਜ਼ ਮੰਤਰੀ ਭਗਤ ਚੂਨੀ ਲਾਲ ਦੇ ਘਰ ਦਾ ਘਿਰਾਓ ਕੀਤਾ ਅਤੇ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ। ਸਭ ਤੋਂ ਖਾਸ ਗੱਲ ਇਹ ਸੀ ਕਿ ਲੋਕਲ ਬਾਡੀਜ਼ ਮੰਤਰੀ ਜਿਨ੍ਹਾਂ ਦੀ ਕੋਠੀ ਦਾ ਘਿਰਾਓ ਕੀਤਾ ਗਿਆ, ਉਹ ਇਕ ਦਿਨ ਪਹਿਲਾਂ ਹੀ ਰਾਤ ਨੂੰ ਸ਼ਹਿਰ ਤੋਂ ਬਾਹਰ ਚਲੇ ਗਏ ਸਨ ਅਤੇ ਘਿਰਾਓ ਸਮੇਂ ਘਰ ਦੇ ਅੰਦਰ ਕੇਵਲ ਪੁਲਸ ਪ੍ਰਸ਼ਾਸਨ ਨਾਲ ਸੰਬੰਧਿਤ ਅਧਿਕਾਰੀ ਹੀ ਮੌਜੂਦ ਸਨ ਜਿਨ੍ਹਾਂ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਅੰਦਰ ਬੁਲਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਪੁਲਸ ਕਮਿਸ਼ਨਰ ਨਾਲ ਗੱਲ ਕਰਕੇ ਇਸ ਗੱਲ ਦਾ ਭਰੋਸਾ ਦਿਵਾਇਆ ਕਿ  15 ਅਗਸਤ ਤੋਂ ਪਹਿਲਾਂ-ਪਹਿਲਾਂ ਉਨ੍ਹਾਂ ਨੂੰ ਸੂਬਾ ਪੱਧਰ 'ਤੇ ਕਿਸੇ ਨਾ ਕਿਸੇ ਉੱਚ ਅਧਿਕਾਰੀ ਨਾਲ ਮਿਲਵਾ ਦਿੱਤਾ ਜਾਵੇਗਾ। ਦੂਰ-ਦੁਰਾਡੇ ਇਲਾਕਿਆਂ ਤੋਂ ਘਿਰਾਓ ਲਈ ਪਹੁੰਚੇ ਮੈਂਬਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਸਾਰਾ ਪ੍ਰੋਗਰਾਮ ਪਹਿਲਾਂ ਤੋਂ ਤੈਅ ਸੀ ਅਤੇ ਮੰਤਰੀ ਦੀ ਗੈਰਹਾਜ਼ਰੀ ਉਨ੍ਹਾਂ ਦਾ ਮਨੋਬਲ ਘੱਟ ਨਹੀਂ ਕਰ ਸਕਦੀ ਅਤੇ ਉਹ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ। ਜ਼ਿਲਾ ਪ੍ਰਧਾਨ ਤੇ ਸੂਬਾ ਮੀਡੀਆ ਸਕੱਤਰ ਸੁਖਜੀਤ ਸਿੰਘ ਨੇ ਦੱਸਿਆ ਕਿ ਇਸ ਘਿਰਾਓ ਲਈ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਪਠਾਨਕੋਟ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਤੋਂ ਦਫਤਰੀ ਸਟਾਫ ਤੋਂ ਇਲਾਵਾ ਪੂਰੇ ਸੂਬੇ ਦੀ ਲੀਡਰਸ਼ਿਪ ਸ਼ਹਿਰ ਵਿਚ ਪਹੁੰਚੀ ਸੀ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਸ ਤੋਂ ਵੱਡੀ ਗਿਣਤੀ ਵਿਚ 20 ਅਗਸਤ ਨੂੰ ਫਿਰੋਜ਼ਪੁਰ ਦੀ ਤਹਿਸੀਲ ਜਲਾਲਾਬਾਦ ਵਿਚ ਐੱਮ. ਪੀ. ਸ਼ੇਰ ਸਿੰਘ ਘੁਬਾਇਆ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਜੇਕਰ ਫਿਰ ਵੀ ਗੱਲ ਬਣਦੀ ਨਜ਼ਰ ਨਾ ਆਈ ਤਾਂ 27 ਅਗਸਤ ਨੂੰ ਸੂਬੇ ਦੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਘਰ ਦਾ ਘਿਰਾਓ ਕਰਨ ਲਈ ਉਨ੍ਹਾਂ ਨੂੰ ਮਜਬੂਰ ਹੋਣਾ ਪਵੇਗਾ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਵਲੋਂ ਪਿਛਲੇ ਇਕ ਸਾਲ ਤੋਂ ਲਗਾਤਾਰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ ਮੰਤਰੀਆਂ, ਵਿਧਾਇਕਾਂ ਨੂੰ ਮੰਗ-ਪੱਤਰ ਵੀ ਸੌਂਪੇ ਜਾ ਚੁੱਕੇ ਹਨ ਪਰ ਨਾ ਜਾਣੇ ਕਿਉਂ ਅਜੇ ਤੱਕ ਸਰਕਾਰ ਵਲੋਂ ਅੜੀਅਲ ਰਵੱਈਆ ਅਖਤਿਆਰ ਕੀਤਾ ਜਾ ਰਿਹਾ ਹੈ?  ਇਸ ਮੌਕੇ ਕੁਲਵੰਤ ਸਿੰਘ ਚਾਹਲ, ਸੁਖਜੀਤ ਸਿੰਘ, ਹਰਜੀਤ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਪਨੇਸਰ, ਹਰਵਿੰਦਰਪਾਲ ਸਿੰਘ, ਪਰਮਿੰਦਰ ਕੌਰ, ਸੁਖਵਿੰਦਰ ਕੌਰ ਅਤੇ ਹੋਰ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ।