ਅੰਮ੍ਰਿਤਸਰ—ਮੁੰਬਈ 'ਚ ਇਕ ਮਹਿਲਾ ਫੋਟੋ ਜਰਨਲਿਸਟ ਨਾਲ ਹੋਏ ਗੈਂਗਰੇਪ ਤੋਂ ਬਾਅਦ ਇਕ ਵਾਰ ਫਿਰ ਦੇਸ਼ ਦੀਆਂ ਔਰਤਾਂ ਦੀ ਸੁਰੱਖਿਆ 'ਤੇ ਸਵਾਲੀਆ ਨਿਸ਼ਾਨ ਖੜਾ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਫੋਟੋ ਜਰਨਲਿਸਟ ਐਸੋਸੀਏਸ਼ਨ ਨੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਅਤੇ ਪੁਲਸ ਨੂੰ ਮਹਿਲਾ ਪੱਤਰਕਾਰ ਨਾਲ ਇਨਸਾਫ ਕਰਨ ਦੀ ਅਪੀਲ ਕੀਤੀ।
ਜ਼ਿਕਰਯੋਗ ਹੈ ਕਿ ਮੁੰਬਈ 'ਚ ਇਕ ਮਹਿਲਾ ਫੋਟੋ ਪੱਤਰਕਾਰ ਨਾਲ ਹੋਏ ਗੈਂਗਰੇਪ ਦੇ ਮਾਮਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਪੰਜ ਲੋਕਾਂ ਨੇ ਇਸ ਔਰਤ ਨੂੰ ਅਗਵਾ ਕਰਕੇ ਉਸ ਨਾਲ ਬਲਾਤਕਾਰ ਕੀਤਾ, ਜਿਸ ਤੋਂ ਬਾਅਦ ਇਸ ਘਟਨਾ ਦਾ ਜ਼ੋਰਦਾਰ ਤਰੀਕੇ ਨਾਲ ਵਿਰੋਧ ਕੀਤਾ ਜਾ ਰਿਹਾ ਹੈ। ਆਪਣੇ ਸਾਥੀ ਪੱਤਰਕਾਰ ਨਾਲ ਹੋਈ ਇਸ ਘਟਨਾ ਖਿਲਾਫ ਫੋਟੋ ਜਰਨਲਿਸਟਾਂ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਪ੍ਰਦਰਸ਼ਨ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਆਪਣੇ ਕੈਮਰੇ ਸੜਕਾਂ 'ਤੇ ਰੱਖ ਦਿੱਤੇ ਅਤੇ ਸੜਕਾਂ ਦੇ ਕਿਨਾਰੇ ਖੜ੍ਹੇ ਹੋ ਕੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਇਨ੍ਹਾਂ ਲੋਕਾਂ ਨੇ ਔਰਤ ਦੀ ਲੰਬੀ ਉਮਰ ਦੀ ਦੁਆ ਵੀ ਕੀਤੀ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਪੁਲਸ ਨੂੰ ਇਸ ਮਾਮਲੇ ਦੇ ਦੋਸ਼ੀਆਂ ਨੂੰ ਫੜ੍ਹ ਕੇ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ।