www.sabblok.blogspot.com
ਅਨੰਦਪੁਰ ਸਾਹਿਬ, 15 ਮਾਰਚ ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਅੱਜ ਤੋਂ ਖਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਆਰੰਭ ਹੋ ਗਿਆ। ਅੱਜ ਮੇਲੇ ਦੇ ਪਹਿਲੇ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖਾਲਸਾਈ ਰੰਗ 'ਚ ਰੰਗਿਆ ਗਿਆ। ਅਨੰਦਪੁਰ ਸਾਹਿਬ ਨੂੰ ਵੱਖ-ਵੱਖ ਦਿਸ਼ਾਵਾਂ ਤੋਂ ਆਉਂਦੇ ਮਾਰਗ ਵੱਡੀ ਗਿਣਤੀ 'ਚ ਵਹੀਰਾਂ ਘੱਤੀ ਆਉਂਦੀਆਂ ਸੰਗਤਾਂ ਦੇ ਸੁੰਦਰ ਜਲੌਅ ਪੇਸ਼ ਕਰ ਰਹੇ ਹਨ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਤੇ 3 ਦਿਨ ਤੱਕ ਚੱਲਣ ਵਾਲੇ ਸਮਾਗਮਾਂ ਦੀ ਆਰੰਭਤਾ ਲਈ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਅਰਦਾਸ ਕੀਤੀ। ਉਪਰੰਤ ਉਨ੍ਹਾਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਮੁਰਦਾ ਹੋ ਚੁੱਕੀ ਭਾਰਤੀ ਖਲਕਤ ਨੂੰ ਉਸ ਵੇਲੇ ਦੇ ਜਾਬਰ ਤੇ ਜਾਲਮ ਹਾਕਮਾਂ ਖਿਲਾਫ ਸੰਘਰਸ਼ ਕਰਨ ਤੇ ਕੌਮ 'ਚ ਜੋਸ਼ ਪੈਦਾ ਕਰਨ ਲਈ ਪੁਰਾਤਨ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1701 ਈ: 'ਚ ਹੋਲੇ ਮਹੱਲੇ ਦੀ ਪ੍ਰੰਪਰਾ ਆਰੰਭ ਕੀਤੀ ਗਈ ਸੀ। ਉਨ੍ਹਾਂ ਵੱਲੋਂ ਖਾਲਸਾਈ ਫੌਜਾਂ ਦੇ ਦੋ ਮਨਸੂਈ ਦਲਾਂ 'ਚ ਸਾਸ਼ਤਰ ਵਿਦਿਆ ਦੇ ਜੰਗੀ ਮੁਕਾਬਲੇ ਕਰਵਾਏ ਜਾਂਦੇ ਸਨ ਤੇ ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਸੀ । ਅੱਜ ਵੀ ਉਸੇ ਰਵਾਇਤ ਅਨੁਸਾਰ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਵੀ ਇਸ ਪਾਵਨ ਮੌਕੇ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਦਰਸਾਏ ਮਾਰਗ 'ਤੇ ਚਲਦਿਆਂ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਬਖਸ਼ਿਸ਼ ਕੀਤੇ ਅੰਮ੍ਰਿਤ ਦੇ ਧਾਰਨੀ ਬਣਨਾ ਚਾਹੀਦਾ ਹੈ।
No comments:
Post a Comment